*ਭਗਵੰਤ ਮਾਨ ਆਪਣੇ ‘ਆਕਾ’ ਨੂੰ ਖੁਸ਼ ਕਰਨ ਲਈ ਲੁਟਾ ਰਿਹਾ ਪੰਜਾਬ ਦਾ ਖਜ਼ਾਨਾ : ਧਾਲੀਵਾਲ*

0
21

ਫਗਵਾੜਾ 8 ਮਾਰਚ (ਸਾਰਾ ਯਹਾਂ/ਸ਼ਿਵ ਕੌੜਾ) ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਪੰਜਾਬ ਦਾ ਖਜ਼ਾਨਾ ਲੁੱਟਣ ਦਾ ਦੋਸ਼ ਲਗਾਉਂਦੇ ਹੋਏ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਭਗਵੰਤ ਮਾਨ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਕੇਜਰੀਵਾਲ ਦੀ ਜੀ ਹਜੂਰੀ ਕਰ ਰਿਹਾ ਹੈ। ਕਿਉਂਕਿ ਅਰਵਿੰਦ ਕੇਜਰੀਵਾਲ ਦੀ ਨਜਰ ਦਿੱਲੀ ਵਿੱਚ ਬੁਰੀ ਤਰ੍ਹਾਂ ਹਾਰਣ ਤੋਂ ਬਾਅਦ ਹੁਣ ਪੰਜਾਬ ’ਤੇ ਹੈ। ਪੰਜਾਬ ਦੇ ਮਾਮਲਿਆਂ ਵਿੱਚ ਕੇਜਰੀਵਾਲ ਦਾ ਬੇਲੋੜਾ ਦਖਲ ਪਹਿਲਾਂ ਨਾਲੋਂ ਵੱਧ ਗਿਆ ਹੈ। ਕੇਜਰੀਵਾਲ ਵਿਪਾਸਨਾ ਦੇ ਬਹਾਨੇ ਹੁਸ਼ਿਆਰਪੁਰ, ਪੰਜਾਬ ਵਿੱਚ ਡੇਰਾ ਲਾ ਕੇ ਬੈਠਾ ਹੈ ਅਤੇ ਕਿਸੇ ਨੂੰ ਵੀ ਉਸਦੇ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੈ। ਕੇਜਰੀਵਾਲ ਦੀ ਸੁਰੱਖਿਆ ਲਈ ਢਾਈ ਸੌ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਜਿਸ ਵਿੱਚ ਐਸ.ਐਸ.ਪੀ. ਅਤੇ ਡੀ.ਐਸ.ਪੀ. ਵਰਗੇ ਸੀਨੀਅਰ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ। ਫਾਇਰ ਬ੍ਰਿਗੇਡ, ਐਂਬੂਲੈਂਸ, ਟਰਾਮਾ ਸੈਂਟਰ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਧਾਲੀਵਾਲ ਨੇ ਪੁੱਛਿਆ ਕਿ ਕੇਜਰੀਵਾਲ ਕਿਹੜੇ ਸੰਵਿਧਾਨਕ ਅਹੁਦੇ ’ਤੇ ਹਨ ਕਿ ਉਨ੍ਹਾਂ ਨੂੰ ਵੀ.ਵੀ.ਆਈ.ਪੀ. ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਕਦੇ ਮਾਫ਼ ਨਹੀਂ ਕਰਨਗੇ। ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਰਕਾਰ ਦੇ ਖ਼ਜ਼ਾਨੇ ਵਿੱਚ ਪੈਸੇ ਨਹੀਂ ਹਨ, ਪਰ ਆਪਣੇ ਆਕਾ ਲਈ ਸਰਕਾਰੀ ਖ਼ਜ਼ਾਨੇ ਨੂੰ ਖੁੱਲ੍ਹੇ ਦਿਲ ਨਾਲ ਲੁੱਟਿਆ ਜਾ ਰਿਹਾ ਹੈ। ਧਾਲੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਵੋਟਰ ‘ਆਪ’ ਨੂੰ ਅਜਿਹਾ ਸਬਕ ਸਿਖਾਉਣਗੇ ਕਿ ਇਸ ਪਾਰਟੀ ਦਾ ਰਾਜਨੀਤੀ ਤੋਂ ਸਫਾਇਆ ਹੋ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਨੂੰ ਇੱਕ ਪਬਲੀਸਿਟੀ ਸਟੰਟ ਦੱਸਿਆ ਅਤੇ ਕਿਹਾ ਕਿ ਤਿੰਨ ਸਾਲ ਸੱਤਾ ਵਿੱਚ ਰਹਿਣ ਅਤੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਦੀ ਕਰਾਰੀ ਹਾਰ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਨਸ਼ਾ ਖਤਮ ਕਰਨ ਦਾ ਵਿਚਾਰ ਆਇਆ ਹੈ ਜੋ ਕਿ ਸਿਰਫ਼ ਇੱਕ ਦਿਖਾਵਾ ਹੈ।

LEAVE A REPLY

Please enter your comment!
Please enter your name here