

ਚੰਡੀਗੜ੍ਹ,(ਸਾਰਾ ਯਹਾ) 15 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਟੀ.ਐਫ ਫਿਰੋਜਪੁਰ ਵਿਖੇ ਤਾਇਨਾਤ ਹੌਲਦਾਰ ਮੁਖਤਿਆਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਮੰਗਲ ਸਿੰਘ ਵਾਸੀ ਪਿੰਡ ਚਪਾਤੀ, ਜਿਲਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਵਿਰੁੱਧ ਦਿੱਤੀ ਗਈ ਦਰਖਾਸਤ ‘ਤੇ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
EDITED BY : SARA YAHA | | Last Updated : 6:51 pm 15 ਨਵੰਬਰ 2018
























