

ਮਾਨਸਾ, 08 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ)
ਬਿਨ੍ਹਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਖਾਦ, ਕੀਟਨਾਸ਼ਕ, ਬੀਜਾਂ ਦੀਆਂ ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕਰਨ ਦੌਰਾਨ ਕੀਤਾ |
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਮੁੱਲ ‘ਤੇ ਖੇਤੀ ਸਮੱਗਰੀ, ਖਾਸ ਕਰਕੇ ਖਾਦਾਂ ਉਪਲੱਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਤੇ ਬਲਾਕ ਪੱਧਰੀ ਟੀਮਾਂ ਵੱਲੋਂ ਖਾਦ ਵਿਕਰੇਤਾਵਾਂ ਨਾਲ ਸਬੰਧਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗਜ਼ਾਤ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ |
ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ. ਮਸ਼ੀਨਾ ਵਿਚ ਵੇਚੀ ਗਈ ਖਾਦ ਦਾ ਸਟਾਕ ਨਿੱਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੀ.ਓ.ਐਸ. ਮਸ਼ੀਨਾਂ ਅਤੇ ਦੁਕਾਨ ‘ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ | ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ | ਸਟਾਕ ਬੋਰਡ ‘ਤੇ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ |
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਯੂਰੀਆ ਖਾਦ ਦੇ ਨਾਲ ਜ਼ਬਰੀ ਹੋਰ ਖੇਤੀ ਸਮੱਗਰੀ ਦਿੰਦਾ ਹੈ ਤਾਂ ਉਸ ਦੀ ਸ਼ਿਕਾਇਤ ਲਿਖ਼ਤੀ ਤੌਰ ‘ਤੇ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਕੀਤੀ ਜਾ ਸਕਦੀ ਹੈ |
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸ਼ਗਨਦੀਪ ਕੌਰ ਵੀ ਮੌਜੂਦ ਸਨ |























