*ਝੋਨੇ ਦੀ ਫਸਲ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ-ਡਿਪਟੀ ਕਮਿਸ਼ਨਰ*

0
29

ਮਾਨਸਾ, 19 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ)  :   ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।

          ਮੀਟਿੰਗ ਦੌਰਾਨ ਸਮੂਹ ਆੜ੍ਹਤੀਆਂ ਨੂੰ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਕਿਸਾਨ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।  ਉਨ੍ਹਾਂ ਕਿਹਾ ਕਿ ਇਸ ਦੇ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ।  

          ਉਨ੍ਹਾਂ ਨਾਲ ਹੀ ਕਿਹਾ ਕਿ ਸਾਰੇ ਆੜ੍ਹਤੀਏ ਆਪਣੀਆਂ ਦੁਕਾਨਾਂ ਦੇ ਬਾਹਰ 17 ਫ਼ੀਸਦੀ ਨਿਰਧਾਰਤ ਨਮੀਂ ਸਬੰਧੀ ਨੋਟਿਸ ਬੋਰਡ ਵੀ ਲਗਾਉਣ ਤਾਂ ਜੋ ਕਿਸਾਨ ਇਸ ਗੱਲ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ।

          ਆੜ੍ਹਤੀਆਂ ਦੀ ਮੰਗ ‘ਤੇ ਗ਼ੌਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਲਦ ਹੀ ਅਨਾਊਂਸਮੈਂਟ ਵੀ ਕਰਵਾਈ ਜਾਵੇਗੀ ਤਾਂ ਜੋ ਹਰ ਕਿਸਾਨ ਮੰਡੀ ਅੰਦਰ ਸੁੱਕੀ ਫਸਲ ਹੀ ਲੈ ਕੇ ਪਹੁੰਚੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਹਨ। ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਸੁੱਕੀ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਅਤੇ 24 ਘੰਟੇ ਦੇ ਅੰਦਰ ਅੰਦਰ ਉਨ੍ਹਾਂ ਦੀ ਫਸਲ ਦੀ ਖਰੀਦ ਕੀਤੀ ਜਾਵੇਗੀ।

          ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here