

ਮਾਨਸਾ, 19 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਜਲ ਤੇ ਸੈਨੀਟੇਸ਼ਨ ਮਿਸ਼ਨ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਸਥਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸੰਸਦ ਆਦਰਸ਼ ਗਰਾਮ ਯੋਜਨਾ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਮਾਰਚ 2026 ਤੱਕ ਜ਼ਿਲ੍ਹੇ ਦੇ 234 ਪਿੰਡਾਂ ਨੂੰ ਓਡੀਐਫ ਮੌਡਲ ਪਲੱਸ ਕਰਨ ਦਾ ਟੀਚਾ ਪੂਰਾ ਕੀਤਾ ਜਾਵੇ।
ਉਨ੍ਹਾਂ ਠੋਸ ਤੇ ਤਰਲ ਕੂੜਾ ਪ੍ਰਬੰਧਨ (ਥਾਪਰ ਮਾਡਲ) ਦੇ ਕੰਮਾਂ ਦੀ ਸਮੀਖਿਆ ਕੀਤੀ। ਕਾਰਜਕਾਰੀ ਇੰਜੀਨੀਅਰ ਸ਼੍ਰੀ ਗੁਰਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਤਰਲ ਕੂੜਾ ਪ੍ਰਬੰਧਨ ਦੇ 242 ਪ੍ਰੋਜੈਕਟਾਂ ਵਿਚੋਂ 115 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ 38 ਦਾ ਕੰਮ ਚੱਲ ਰਿਹਾ ਹੈ ਤੇ 89 ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਠੋਸ ਕੂੜਾ ਪ੍ਰਬੰਧਨ ਲਈ 242 ਪ੍ਰੋਜੈਕਟਾਂ ਵਿਚੋਂ 115 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ, 56 ਦਾ ਕੰਮ ਪ੍ਰਗਤੀ ਅਧੀਨ ਹੈ ਅਤੇ 71 ਪ੍ਰੋਜੈਕਟਾਂ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ, ਬਸ ਸਟੈਂਡ ਅਤੇ ਬਾਜ਼ਾਰ ਵਿਚ ਬਣਾਏ ਜਾਣ ਵਾਲੇ 145 ਜਨਤਕ ਪਖਾਨਿਆਂ ਵਿਖੋਂ 114 ਬਣ ਕੇ ਤਿਆਰ ਹੋ ਗਏ ਹਨ ਅਤੇ 17 ਦਾ ਕੰਮ ਪ੍ਰਗਤੀ ਅਧੀਨ ਹੈ ਜਦਕਿ 14 ਹੋਰ ਜਨਤਕ ਪਖਾਨਿਆਂ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਪੱਧਰ ‘ਤੇ ਠੋਸ ਕੂੜਾ ਕਰਕਟ ਇਕੱਠਾ ਕਰਨ ਅਤੇ ਇਸ ਦੇ ਯੋਗ ਨਿਪਟਾਰੇ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜਨਤਕ ਪਖਾਨਿਆਂ ਦਾ ਰਹਿੰਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ ਅਤੇ ਠੋਸ ਤੇ ਤਰਲ ਕੂੜਾ ਪ੍ਰਬੰਧਨ ਸਬੰਧੀ ਚੱਲ ਰਹੇ ਪ੍ਰੋਜੈਕਟਾਂ ਦਾ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।























