

ਮਾਨਸਾ, 21 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈਏਐੱਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਤੰਗ ਉਡਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚਾਇਨਾ ਡੋਰ ਮਨੁੱਖੀ ਜਾਨ, ਪੰਛੀਆਂ ਤੇ ਪਸ਼ੂਆਂ ਲਈ ਬੇਹੱਦ ਘਾਤਕ ਹੈ।
ਓਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਵੈਨਸ਼ਨ ਆਫ਼ ਕਰੂਐਲਟੀ ਟੂ ਐਨੀਮਲ ਐਕਟ 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਲਗਾਏ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਓਨ੍ਹਾਂ ਕਿਹਾ ਕਿ ਸਭ ਵਲੋਂ ਸਮਾਜਿਕ ਫਰਜ਼ ਨਿਭਾਉਂਦੇ ਹੋਏ ਚਾਇਨਾ ਡੋਰ ਦੀ ਵਰਤੋਂ ਅਤੇ ਵਿਕਰੀ ਬੰਦ ਕੀਤੀ ਜਾਵੇ ਕਿਉੰਕਿ ਇਸ ਨਾਲ ਮਨੁੱਖਾਂ ਅਤੇ ਪਸ਼ੂ-ਪੰਛੀਆਂ ਨਾਲ ਗੰਭੀਰ ਹਾਦਸੇ ਵਾਪਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਤੋਂ ਦੂਰ ਰੱਖਣ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।























