*ਆਪ ਦੇ ਰਾਜ ਵਿਚ ਲੋਕ ਆਪਣੇ ਆਪ ਨੂੰ ਕਰ ਰਹੇ ਨੇ ਠੱਗਿਆ ਮਹਿਸੂਸ : ਕੁਲਵੰਤ ਰਾਏ ਸਿੰਗਲਾ*

0
87

ਸਰਦੂਲਗੜ੍ਹ/ਮਾਨਸਾ, 3 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ)- ਪੰਜਾਬ ਦੀ ਰਾਜਨੀਤੀ ਵਿਚ ਆ ਰਹੀਆਂ ਤਾਜ਼ਾ ਤਬਦੀਲੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਇਕ ਵਾਰ ਫਿਰ ਸੂਬੇ ਵਿਚ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾ ਰਹੀ ਹੈ। ਇਸ ਸਬੰਧੀ ਜ਼ਿਲਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਚ ਸਮੁੱਚੀ ਕਾਂਗਰਸ ਪੂਰੀ ਤਰ੍ਹਾਂ ਇਕਮੁੱਠ ਹੈ ਅਤੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਏਗੀ। ਉਹ ਅੱਜ ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਿਕਰਮ ਸਿੰਘ ਮੋਫਰ ਦੇ ਗ੍ਰਹਿ ਸਥਾਨ ਪਿੰਡ ਮੋਫਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਮੋਫਰ ਪਰਿਵਾਰ ਵੱਲੋਂ ਜ਼ਿਲਾ ਕਾਂਗਰਸ ਪ੍ਰਧਾਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਮਿਲਣੀ ਦੌਰਾਨ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ, ਆਉਣ ਵਾਲੀਆਂ ਚੋਣਾਂ ਅਤੇ ਸੰਗਠਨ ਦੀ ਮਜ਼ਬੂਤੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਚੱਟਾਨ ਵਾਂਗ ਕਾਂਗਰਸ ਦੇ ਨਾਲ ਖੜੇ ਰਹਿਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ ਅਤੇ ਅੱਜ ਵੀ ਲੋਕਾਂ ਦੀਆਂ ਉਮੀਦਾਂ ਕਾਂਗਰਸ ਨਾਲ ਜੁੜੀਆਂ ਹੋਈਆਂ ਹਨ। ਬਿਕਰਮ ਮੋਫਰ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਪਿੰਡ ਪੱਧਰ ’ਤੇ ਸਰਗਰਮ ਹੋ ਕੇ ਲੋਕਾਂ ਨਾਲ ਸੰਪਰਕ ਬਣਾਉਣਾ ਚਾਹੀਦਾ ਹੈ ਤਾਂ ਜੋ ਕਾਂਗਰਸ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਲੋਕਾਂ ਤੱਕ ਪਹੁੰਚ ਸਕਣ।
          ਜ਼ਿਲਾ ਕਾਂਗਰਸ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ, ਜਿਸ ਕਾਰਨ ਆਮ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ’ਤੇ ਆਪ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਤ ਰਹਿ ਗਏ ਹਨ, ਜਦਕਿ ਕਿਸਾਨ ਅਤੇ ਮਜ਼ਦੂਰ ਵਰਗ ਅਜੇ ਵੀ ਆਪਣੀਆਂ ਮੁੱਢਲੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਨੂੰ ਵੀ ਪੰਜਾਬ ਦੇ ਲੋਕ ਪਸੰਦ ਨਹੀਂ ਕਰਦੇ। ਭਾਜਪਾ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਦੀ ਸਮਝ ਨਹੀਂ ਹੈ ਅਤੇ ਅਕਾਲੀ ਦਲ ਆਪਣੀ ਪੁਰਾਣੀ ਸਾਖ ਗੁਆ ਚੁੱਕਾ ਹੈ। ਇਸ ਕਾਰਨ ਲੋਕਾਂ ਕੋਲ ਹੁਣ ਇਕੋ ਇਕ ਵਿਕਲਪ ਕਾਂਗਰਸ ਪਾਰਟੀ ਹੀ ਬਚੀ ਹੈ, ਜੋ ਸਦਾ ਤੋਂ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਕਾਂਗਰਸ ਵੱਲ ਉਮੀਦ ਭਰੀ ਨਜ਼ਰ ਨਾਲ ਵੇਖ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਕਾਂਗਰਸ ਸਰਕਾਰ ਬਣਦੇ ਹੀ ਲੋਕਾਂ ਦੀਆਂ ਹਰ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਮੁੜ ਲਿਆਂਦਾ ਜਾਵੇਗਾ।
           ਇਸ ਮੌਕੇ ਕਈ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਆਪਣੇ ਵਿਚਾਰ ਰੱਖੇ ਗਏ ਅਤੇ ਪਾਰਟੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਗਈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨਾਲ ਸੰਪਰਕ ਮੁਹਿੰਮ ਤੇਜ਼ ਕੀਤੀ ਜਾਵੇਗੀ।
          ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਨਦੀਪ ਗੋਰਾ, ਬਲਵੰਤ ਸਿੰਘ ਕੋਰਵਾਲਾ, ਬਿੰਦਰ ਸਿੰਘ ਕੋਰਵਾਲਾ, ਰਣਦੀਪ ਸਿੰਘ ਰਾਏਪੁਰ, ਸਤਗੁਰ ਸਿੰਘ ਸਾਬਕਾ ਸਰਪੰਚ ਜਲਵੇੜਾ ਆਦਿ ਵੀ ਹਾਜ਼ਰ ਸਨ।
ਫੋਟੋ : ਮਾਨਸਾ : ਕੁਲਵੰਤ ਸਿੰਗਲਾ, ਬਿਕਰਮ ਮੋਫਰ ਅਤੇ ਹੋਰ ਕਾਂਗਰਸੀ ਆਗੂ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ।

LEAVE A REPLY

Please enter your comment!
Please enter your name here