

ਮਾਨਸਾ , 27 ਫਰਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : 28 ਫਰਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀ ਰਾਹੁਲ ਗਾਂਧੀ ਦੀ ਵੱਡੀ ਰੈਲੀ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਰੈਲੀ ਵਿੱਚ ਸ਼ਿਰਕਤ ਕਰਨ ਲਈ ਮਨਰੇਗਾ ਵਰਕਰਾਂ ਅਤੇ ਕਾਂਗਰਸੀ ਕਾਰਕੁਨਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਟੀਮਾਂ ਬਣਾਕੇ ਆਵਾਜਾਈ, ਪ੍ਰਬੰਧ ਅਤੇ ਸੁਰੱਖਿਆ ਨਾਲ ਸੰਬੰਧਿਤ ਵਿਵਸਥਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਦੱਸਿਆ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੀ ਪ੍ਰਮੁੱਖ ਕਾਂਗਰਸੀ ਲੀਡਰਸ਼ਿੱਪ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਕਾਂਗਰਸ ਦੇ ਰਾਸ਼ਟਰੀ ਸਕੱਤਰ ਹਿਨਾ ਲਿਖੀ ਰਾਮ ਕਾਵੜੇ, ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਹਾਇਕ ਖਜਾਨਚੀ ਵਿਜੇਇੰਦਰ ਸਿੰਗਲਾ ਸਮੇਤ ਕਈ ਸੀਨੀਅਰ ਨੇਤਾ ਹਾਜ਼ਰੀ ਭਰਨਗੇ। ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕਰਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਵਰਕਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਕਾਂਗਰਸ ਦੀਆਂ ਨੀਤੀਆਂ ਅਤੇ ਕਾਰਜਕ੍ਰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਵੀ ਇਸ ਰੈਲੀ ਨੂੰ ਲੈ ਕੇ ਵੱਡੀ ਉਮੀਦ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਤਿਆਰ ਹਨ। ਕਾਂਗਰਸੀ ਆਗੂਆਂ ਮੁਤਾਬਕ ਇਹ ਰੈਲੀ ਸਿਰਫ਼ ਇੱਕ ਰਾਜਨੀਤਿਕ ਇਕੱਠ ਨਹੀਂ, ਸਗੋਂ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਦਾ ਵੱਡਾ ਮੰਚ ਹੋਵੇਗੀ। ਖੇਤੀਬਾੜੀ, ਰੋਜ਼ਗਾਰ, ਮਹਿੰਗਾਈ ਅਤੇ ਸਮਾਜਿਕ ਸੁਰੱਖਿਆ ਵਰਗੇ ਮੁੱਦਿਆਂ ‘ਤੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ‘ਤੇ ਵੀ ਚਰਚਾ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੀ ਇਸ ਰੈਲੀ ਦਾ ਮੁੱਖ ਉਦੇਸ਼ ਹੈ। ਰੈਲੀ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਆਵਾਜਾਈ, ਪਾਰਕਿੰਗ, ਮੰਚ ਸਜਾਵਟ ਅਤੇ ਸੁਰੱਖਿਆ ਵਰਗੇ ਕੰਮਾਂ ਦੀ ਦੇਖਭਾਲ ਕਰ ਰਹੀਆਂ ਹਨ। ਵਲੰਟੀਅਰਾਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਦੂਰ-ਦੁਰਾਖੇ ਤੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ। ਇਸ ਤੋਂ ਇਲਾਵਾ ਮਹਿਲਾਵਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਇਸ ਰੈਲੀ ਰਾਹੀਂ ਲੋਕਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਰਾਜਨੀਤਿਕ ਮਾਹੌਲ ‘ਤੇ ਵੀ ਇਸ ਦਾ ਡੂੰਘਾ ਅਸਰ ਪਵੇਗਾ। ਉਨ੍ਹਾਂ ਦਾ ਵਿਸ਼ਵਾਸ ਹੈ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਕਾਂਗਰਸ ਦੀ ਮਜ਼ਬੂਤੀ ਦਾ ਸੰਕੇਤ ਹੋਵੇਗੀ। ਅਖੀਰ ਵਿੱਚ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਕਿਉਂਕਿ ਇਸ ਵਿੱਚ ਲੋਕਾਂ ਦੀ ਬੇਮਿਸਾਲ ਭਾਗੀਦਾਰੀ ਦੇਖਣ ਨੂੰ ਮਿਲੇਗੀ। ਉਨ੍ਹਾਂ ਸਭ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਬਰਨਾਲਾ ਪਹੁੰਚ ਕੇ ਇਸ ਇਕੱਠ ਨੂੰ ਕਾਮਯਾਬ ਬਣਾਉਣ। ਇਸ ਮੌਕੇ ਮਾਰਕੀਟ ਕਮੇਟੀ ਬਰੇਟਾ ਦੇ ਸਾਬਕਾ ਚੇਅਰਮੈਨ ਗਿਆਨ ਚੰਦ ਸਿੰਗਲਾ, ਸਾਬਕਾ ਸਰਪੰਚ ਸਤਗੁਰ ਸਿੰਘ ਜਲਵੇੜਾ, ਸਵਰਨ ਸਿੰਘ ਖੁਡਾਲ ਨਵੀਨ ਕਾਲਾ ਬੋਹਾ ਸੁਰੇਸ਼ ਸ਼ਰਮਾ ਲਖਿਆ ਬੁਢਲਾਡਾ ਸੁਮਿਤ ਡਸਕਾ ਗੁਰਮੀਤ ਬਾਵਾ ਸਤਿ ਪਾਲ ਖਾਨਗੜ੍ਹ ਗੁਰਦਾਸ ਕੁਲਰੀਆਂ ਸੁਖਜਿੰਦਰ ਸੰਘਰੇੜੀ ਨਰੇਸ਼ ਐੱਮਸੀ ਹਰਵਿੰਦਰ ਸਵੀਟੀ, ਹਰਪ੍ਰੀਤ ਪਿਆਰੀ ਇੰਦਰਜੀਤ ਚੀਨਾ ਕਰਮਜੀਤ ਕੰਡਿਆਲ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।























