

ਚੰਡੀਗੜ੍ਹ: ਪੰਜਾਬ ਦੀਆਂ 13,276 ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਨੇ ਤੇਜ਼ੀ ਫੜ ਲਈ ਹੈ। 17 ਦਸੰਬਰ ਤੱਕ ਸਰਪੰਚਾਂ ਦੇ ਅਹੁਦਿਆਂ ਲਈ 2494 ਤੇ ਪੰਚਾਂ ਦੇ ਅਹੁਦਿਆਂ ਲਈ 5772 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਦਸੰਬਰ ਹੈ।
ਰਾਜ ਚੋਣ ਕਮਿਸ਼ਨਰ ਦੇ ਤਰਜਮਾਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਦਸੰਬਰ ਨੂੰ ਹੋਵੇਗੀ, ਜਦੋਂਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 21 ਦਸੰਬਰ ਹੈ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ। ਵੋਟਾਂ 30 ਦਸੰਬਰ ਨੂੰ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ ਤੇ ਇਸੇ ਦਿਨ ਵੋਟਾਂ ਪੈਣ ਤੋਂ ਬਾਅਦ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ 13,276 ਪੰਚਾਇਤਾਂ ਲਈ 13276 ਸਰਪੰਚ ਤੇ 83831 ਪੰਚ ਚੁਣੇ ਜਾਣਗੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ 1,27,87395 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 66,88,245 ਪੁਰਸ਼, 60,66,245 ਔਰਤਾਂ ਤੇ 97 ਵੋਟਰ ਤੀਜੇ ਲਿੰਗ ਦੇ ਹਨ। ਕਮਿਸ਼ਨ ਨੇ 17,268 ਚੋਣ ਬੂਥ ਸਥਾਪਤ ਕੀਤੇ ਹਨ ਤੇ 86340 ਮੁਲਾਜ਼ਮਾਂ ਨੂੰ ਚੋਣ ਡਿਊਟੀ ਉਤੇ ਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਲਈ ਖਰਚ ਦੀ ਹੱਦ 30 ਹਜ਼ਾਰ ਤੇ ਪੰਚ ਦੀ ਚੋਣ ਲੜਨ ਵਾਲਿਆਂ ਲਈ 20 ਹਜ਼ਾਰ ਰੁਪਏ ਤੈਅ ਕੀਤੀ ਗਈ ਹੈ।
EDITED BY : SARA YAHA | | Last Updated :6:50 PM 18 ਦਸੰਬਰ 2018
























