ਭਗਵੰਤ ਮਾਨ ਵੱਲੋਂ ਮੋਦੀ ਦੀ ਗੁਰਦਾਸਪੁਰ ਰੈਲੀ ਡਰਾਮਾ ਕਰਾਰ

0
5

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੀ ਆਮ ਆਦਮੀ ਪਾਰਟੀ ਨੇ ਵੀ ਅਲੋਚਨਾ ਕੀਤੀ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ ਸੀ ਕਿ ਮੋਦੀ ਦੀ 3 ਜਨਵਰੀ ਨੂੰ ਗੁਰਦਾਸਪੁਰ ਵਿੱਚ ਹੋਈ ਰੈਲੀ ਮਹਿਜ਼ ਸਿਆਸੀ ਡਰਾਮਾ ਹੀ ਬਣ ਕੇ ਰਹਿ ਗਈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਰੈਲੀ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਉਮੀਦ ਸੀ ਕਿ ਮੋਦੀ ਕੋਈ ਖ਼ਾਸ ਪੈਕੇਜ ਐਲਾਨਣਗੇ ਪਰ ਮੋਦੀ ਸਿਰਫ਼ ਆਪਣੀ ਵਡਿਆਈ ਕਰਕੇ ਹੀ ਵਾਪਸ ਦਿੱਲੀ ਮੁੜ ਗਏ।
ਮਾਨ ਨੇ ਕਿਹਾ ਕਿ ਬਾਦਲਾਂ ਵਾਂਗ ਮੋਦੀ ਵੀ ਧਰਮ ਦੀ ਰਾਜਨੀਤੀ ਦਾ ਸਹਾਰਾ ਲੈਂਦੇ ਹੋਏ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਉੱਤੇ ਹੀ ਜ਼ੋਰ ਲਾਉਂਦੇ ਰਹੇ। ਉਨ੍ਹਾਂ ਕਿਹਾ ਕਿ ਮੋਦੀ 1984 ਦੇ ਕਤਲੇਆਮ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਗੱਲ ਕਰਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣਾ ਚਾਹੁੰਦੇ ਸੀ ਪਰ ਪੰਜਾਬ ਦੇ ਲੋਕਾਂ ਬਾਰੇ ਇੱਕ ਵੀ ਗੱਲ ਕਰਨ ਤੋਂ ਗੁਰੇਜ਼ ਕਰਦੇ ਰਹੇ।

ਮਾਨ ਨੇ ਕਿਹਾ ਕਿ ਮੋਦੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮਾਮਲੇ ‘ਤੇ ਚੁੱਪੀ ਵੱਟ ਗਏ ਤੇ ਉਨ੍ਹਾਂ ਵੱਲੋਂ ਹਰ ਸਾਲ ਕਰੋੜਾਂ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਵੀ ਇੱਕ ਵਾਰ ਫੇਰ ਜੁਮਲਾ ਹੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਮੋਦੀ ਵੱਲੋਂ ਸਟੇਜ ਤੋਂ ਕੀਤੀ ਗਈ ਸਿਆਸੀ ਦੂਸ਼ਣਬਾਜ਼ੀ ਦਾ ਪੰਜਾਬੀਆਂ ਨੂੰ ਕੋਈ ਲਾਭ ਨਹੀਂ ਹੋਵੇਗਾ ਬਲਕਿ ਚੰਗਾ ਹੁੰਦਾ ਜੇ ਉਹ ਸੂਬੇ ਲਈ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰਦੇ।

ਮੋਦੀ ਵੱਲੋਂ ਸੱਜਣ ਕੁਮਾਰ, ਟਾਈਟਲਰ ਤੇ ਕਮਲ ਨਾਥ ਨੂੰ ਬਚਾਉਣ ਲਈ ਕਾਂਗਰਸ ਦੀ ਆਲੋਚਨਾ ਬਾਰੇ ਮਾਨ ਨੇ ਕਿਹਾ ਕਿ ਇਸ ਸਮੇਂ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਤੇ ਉਹ ਕਿਉਂ ਇਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਮੋਦੀ ਹਮੇਸ਼ਾ ਦੋਗਲੀ ਗੱਲ ਕਰਨ ਵਿੱਚ ਹੀ ਵਿਸ਼ਵਾਸ ਰੱਖਦੇ ਹਨ।


 

LEAVE A REPLY

Please enter your comment!
Please enter your name here