

ਮਾਨਸਾ, 18 ਜਨਵਰੀ ( ਸਾਰਾ ਯਹਾ ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਸਕੀਮ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਤੇ ਰੁਜ਼ਗਾਰ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੈਰੀਅਰ ਕਾਊਂਸਲਰ ਨਿਯੁਕਤ ਕੀਤੇ ਗਏ ਹਨ।
ਜ਼ਿਲ੍ਹਾ ਰੋਜਗਾਰ ਅਫ਼ਸਰ ਸ਼੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ‘ਚ ਸ਼੍ਰੀ ਬਿਕਰਮਜੀਤ ਸਿੰਘ ਨੇ ਬਤੌਰ ਕੈਰੀਅਰ ਕਾਊਂਸਰਲਰ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਦੱਸਿਆ ਕਿ ਕਾਊਂਸਲਰ ਬਿਕਰਮਜੀਤ ਸਿੰਘ ਵੱਲੋਂ ਹੁਣ ਬਿਊਰੋ ਵਿੱਚ ਆਉਣ ਵਾਲੇ ਬੇਰੁਜਗਾਰ ਵਿਅਕਤੀਆਂ ਨੂੰ ਸਰਕਾਰ ਦੁਆਰਾ ਰੋਜਗਾਰ ਅਤੇ ਸਵੈ-ਰੋਜਗਾਰ ਲਈ ਚਲਾਈਆਂ ਜਾ ਰਹੀਆਂ ਵੱਖ- 2 ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦੇਣਾ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੂਚੀ ਅਨੁਸਾਰ ਕੈਰੀਅਰ ਪ੍ਰਤੀ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਬੇਰੋਜਗਾਰ ਨੌਜਵਾਨ ਸਵੈ-ਰੋਜ਼ਗਾਰ ਦੇ ਕਾਬਿਲ ਬਣ ਸਕਣ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਦਾ ਮਕਸਦ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀਆਂ ਦੀ ਦਿਲਚਸਪੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦਾ ਸਹੀ ਮਾਰਗ ਦਰਸ਼ਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜੋ ਨੌਜਵਾਨ ਵਿਦੇਸ਼ਾਂ ਵਿੱਚ ਜਾ ਕਿ ਆਪਣਾ ਭਵਿੱਖ ਬਣਾਉਣਾ ਚਾਹੰਦੇ ਹਨ, ਉਨ੍ਹਾਂ ਨੂੰ ਵੀ ਕਾਊਸਲਿੰਗ ਸੇਵਾਂਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੇਰੁਜਗਾਰ ਨੌਜਵਾਨ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਆਪਣੇ ਕੈਰੀਅਰ ਪ੍ਰਤੀ ਸੇਧ ਲੈ ਸਕਦੇ ਹਨ।























