

ਮਾਨਸਾ, 24 ਜਨਵਰੀ (ਬਲਜੀਤ ਸ਼ਰਮਾ) : ਮਾਨਸਾ ਦੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਹਾੜੇ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਸਬੰਧੀ ਅੱਜ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਫੁੱਲ ਡਰੈਸ ਰਿਹਰਸਲ ਕਰਵਾਈ ਗਈ। ਇਸ ਮੌਕੇ ਰਿਹਰਸਲ ਦਾ ਜਾਇਜ਼ਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਨੇ ਲਿਆ। ਰਿਹਰਸਲ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਜਿੱਥੇ ਮਾਸ ਪੀ.ਟੀ., ਡੰਬਲਜ਼, ਲੇਜ਼ੀਅਮ ਦਾ ਪ੍ਰਦਰਸ਼ਨ ਕੀਤਾ ਗਿਆ, ਉਥੇ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦੀ ਰਿਹਰਸਲ ਵੀ ਕੀਤੀ ਗਈ, ਜਦਕਿ ਪੰਜਾਬ ਪੁਲਿਸ ਦੀਆਂ ਟੁਕੜੀਆਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਤੇ ਸਕਾਊਟਸ ਤੇ ਗਰਲ ਗਾਈਡਜ਼ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਗਿਆ। 
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਮਾਨਸਾ ਵਿਖੇ ਗਣਤੰਤਰਤਾ ਦਿਵਸ ਮੌਕੇ ਡਿਪਟੀ ਸਪੀਕਰ ਪੰਜਾਬ ਸ਼੍ਰੀ ਅਜਾਇਬ ਸਿੰਘ ਭੱਟੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਗਣਤੰਤਰਤਾ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਸਰਕਾਰੀ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਹਾੜੇ ਮੌਕੇ ਆਜਾਦੀ ਘੁਲਾਟੀਆਂ ਤੋਂ ਇਲਾਵਾ ਜੰਗੀ ਵਿਧਵਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। 
ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੇ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਸਮਾਰੋਹ ਦੌਰਾਨ ਕਿਸੇ ਕਿਸਮ ਦੀ ਕਮੀ-ਪੇਸ਼ੀ ਸਾਹਮਣੇ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਸਮਾਰੋਹ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਮੁਕੰਮਲ ਕਰ ਲਏ ਜਾਣ। 
ਐਸ.ਐਸ.ਪੀ. ਸ਼੍ਰੀ ਮਨਧੀਰ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁਰੱਖ਼ਿਆ ਪੱਖੋਂ ਕਿਸੇ ਵੀ ਤਰ੍ਹਾਂ ਦੀ ਊਣਤਾਈ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਸਬੰਧੀ ਪੁਲਿਸ ਵਲੋਂ ਸੁਰੱਖਿਆ ਦੇ ਸਾਰੇ ਇੰਤਜ਼ਾਮ ਕਰ ਲਏ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜੇਸ਼ ਤ੍ਰਿਪਾਠੀ, ਐਸ.ਪੀ. (ਐਚ) ਸ਼੍ਰੀ ਮੇਜਰ ਸਿੰਘ, ਐਸ.ਪੀ. (ਡੀ) ਸ਼੍ਰੀ ਅਨਿਲ ਕੁਮਾਰ, ਐਸ.ਡੀ.ਐਮ. ਮਾਨਸਾ ਸ਼੍ਰੀ ਅਭਿਜੀਤ ਕਪਲਿਸ਼, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਡੀ.ਐਸ.ਪੀ. ਸ਼੍ਰੀ ਕਰਨਵੀਰ ਸਿੰਘ, ਡੀ.ਐਸ.ਪੀ. ਸ਼੍ਰੀ ਸਿਮਰਨਜੀਤ ਸਿੰਘ ਲੰਗ ਅਤੇ ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
EDITED BY : SARA YAHA | | Last Updated : 7:43 pm 25 ਜਨਵਰੀ 2019























