ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਜਲਦ- ਸਰਕਾਰੀਆ

0
22

ਚੰਡੀਗੜ੍ਹ,(ਸਾਰਾ ਯਹਾ, 4 ਫਰਵਰੀ: ਪੰਜਾਬ ਦੇ ਮਾਲ ਅਤੇ ਕੁਦਰਤੀ ਆਫਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਹੈ ਕਿ ਪਿਛਲੇ ਦਿਨੀਂ ਸੂਬੇ ਦੇ ਕੁਝ ਹਿੱਸਿਆਂ ਵਿਚ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਜਾਰੀ ਕਰ ਦਿੱਤਾ ਜਾਵੇਗਾ।

ਇੱਥੋਂ ਜਾਰੀ ਇਕ ਬਿਆਨ ਵਿਚ ਮਾਲ ਮੰਤਰੀ ਨੇ ਕਿਹਾ ਕਿ ਖਰਾਬ ਮੌਸਮ ਦੇ ਚੱਲਦਿਆਂ ਕੁਝ ਕਿਸਾਨਾਂ ਦੀਆਂ ਫਸਲਾਂ ਨੂੰ ਗੜ੍ਹੇਮਾਰੀ ਕਾਰਨ ਨੁਕਸਾਨ ਪੁੱਜਾ ਸੀ। ਇਸ ਦੀ ਸੂਚਨਾ ਮਿਲਦੇ ਸਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ। ਸਰਕਾਰੀਆ ਨੇ ਦੱਸਿਆ ਕਿ ਫਸਲਾਂ ਨੂੰ ਪੁੱਜੇ ਨੁਕਸਾਨ ਦੀਆਂ ਰਿਪੋਰਟਾਂ ਹਾਲੇ ਪ੍ਰਾਪਤ ਹੋ ਰਹੀਆਂ ਹਨ ਅਤੇ ਜਿਉਂ ਹੀ ਮੁਕੰਮਲ ਰਿਪੋਰਟ ਪ੍ਰਾਪਤ ਹੋ ਜਾਵੇਗੀ, ਮਾਲ ਵਿਭਾਗ ਵੱਲੋਂ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਇਸ ਤੋਂ ਪਹਿਲਾਂ ਵੀ ਜਦ ਮਈ 2018 ਵਿਚ ਝੱਖੜ-ਤੂਫਾਨ ਕਾਰਨ ਖਰਬੂਜ਼ਾ ਉਤਪਾਦਕ ਕਿਸਾਨਾਂ ਦੀ ਫਸਲ ਖਰਾਬ ਹੋਈ ਸੀ ਤਾਂ ਮੁੱਖ ਮੰਤਰੀ ਵੱਲੋਂ 5254 ਏਕੜ ਦੀ ਗਿਰਦਾਵਰੀ ਕਰਵਾ ਕੇ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਮੱਕੀ ਕਾਸ਼ਤਕਾਰਾਂ ਦੀ ਫਸਲ ਨੂੰ ਵੀ ਨੁਕਸਾਨ ਪੁੱਜਾ ਸੀ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਗਿਆ ਸੀ।

ਸਰਕਾਰੀਆ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਪੱਖੀ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਤੇ ਕਰਜ਼ਾ ਮੁਕਤੀ ਲਈ ਸਾਰਥਕ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਕਰਜ਼ਾ ਮੁਆਫੀ ਤਹਿਤ ਤਿੰਨ ਵੱਖ-ਵੱਖ ਗੇੜਾਂ ਵਿਚ 5.63 ਲੱਖ ਤੋਂ ਵੀ ਜ਼ਿਆਦਾ ਲਾਭਪਾਤਰੀਆਂ ਦੀ 4513 ਕਰੋੜ ਰੁਪਏ ਦੀ ਰਾਸ਼ੀ ਮੁਆਫ ਕੀਤੀ ਗਈ ਹੈ। ਸਰਕਾਰੀਆ ਨੇ ਦੱਸਿਆ ਕਿ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵੀ 8000 ਤੋਂ ਵਧਾ ਕੇ 12000 ਰੁਪਏ ਦਿੱਤੀ ਜਾ ਰਹੀ ਹੈ।


EDITED BY : SARA YAHA | | Last Updated : 6:59 pm 4 ਫ਼ਰਵਰੀ 2019

LEAVE A REPLY

Please enter your comment!
Please enter your name here