ਕਿਸਾਨ ਸਿਖਲਾਈ ਕੈਂਪ ਦੌਰਾਨ ਦਿੱਤੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸਿਫਾਰਿਸ਼ ਕੀਤੇ ਬੀਜ਼ਾਂ ਅਤੇ ਦਵਾਈਆਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ : ਡੀ.ਸੀ. ਮਾਨਸਾ

0
3

ਮਾਨਸਾ, 06 ਅਪ੍ਰੈਲ ( HIRA SINGH MITTAL ) : ਖੇਤੀਬਾੜੀ ਵਿਗਿਆਨੀਆਂ ਦੀ ਸਲਾਹ ਅਤੇ ਉਪਲੱਬਧ ਨਵੀਆਂ ਖੇਤੀਬਾੜੀ ਤਕਨੀਕਾਂ ਨੂੰ ਅਪਣਾ ਕੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਬੀਜਣੀਆਂ ਚਾਹੀਦੀਆਂ ਹਨ, ਤਾਂ ਜੋ ਫਸਲ ਦਾ ਵੱਧ ਤੋਂ ਵੱਧ ਝਾੜ ਲਿਆ ਜਾ ਸਕੇ ਅਤੇ ਘੱਟ ਤੋਂ ਘੱਟ ਲਾਗਤ ਨਾਲ ਕਿਸਾਨ ਚੋਖੀ ਕਮਾਈ ਕਰ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਦਾਣਾ ਮੰਡੀ ਮਾਨਸਾ ਵਿਖੇ ਤਕਰੀਬਨ 1500 ਕਿਸਾਨਾਂ ਨੂੰ ਫਸਲਾਂ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਨੇ ਪੈਦਾਵਾਰ ਵਧਾਉਣ ਲਈ ਕਈ ਅਜਿਹੀਆਂ ਖੋਜਾਂ ਕੀਤੀਆਂ ਹਨ, ਜਿਸ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਧਾਲੀਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਬਿਨ੍ਹਾਂ ਸਮਾਂ ਗੁਆਇਆਂ ਫਸਲ ਦੀ ਬੋਲੀ ਕਰਵਾਈ ਜਾ ਸਕੇ। ਵਾਤਾਵਰਨ ਪ੍ਰਦੂਸ਼ਣ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਫਸਲਾਂ ਦੇ ਨਾੜ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਕਈ ਬਿਮਾਰੀਆਂ ਵੀ ਫੈਲਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਫਸਲਾਂ ਦਾ ਨੁਕਸਾਨ ਵੀ ਹੁੰਦਾ ਹੈ ਅਤੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਵੀ ਸੁਰੱਖਿਅਤ ਨਹੀਂ ਰਹਿੰਦੇ। ਸ਼੍ਰੀ ਧਾਲੀਵਾਲ ਨੇ ਕਿਹਾ ਕਿ ਖੁਦਕੁਸ਼ੀ ਕਰ ਚੁੱਕੇ ਕਈ ਕਿਸਾਨਾਂ ਦੇ ਕੇਸਾਂ ਦਾ ਨਿਪਟਾਰਾ ਕਰ ਕੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ ਅਤੇ ਜਿਹੜੇ ਕੇਸਾਂ ਦਾ ਕੁਝ ਤਰੱਟੀਆਂ ਕਾਰਨ ਹਾਲੇ ਤੱਕ ਨਿਪਟਾਰਾਂ ਨਹੀਂ ਹੋਇਆ, ਉਨ੍ਹਾਂ ਨੂੰ ਵੀ ਤਰੁੱਟੀਆਂ ਦੂਰ ਕਰਨ ਉਪਰੰਤ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ।
ਸੈਮੀਨਾਰ ਦੌਰਾਨ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਪੰਜਾਬ ਡਾ. ਜਗਤਾਰ ਸਿੰਘ ਬਰਾੜ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਰਫ ਪੀ.ਏ.ਯੂ. ਦੀਆਂ ਸਿਫਾਰਿਸ਼ ਕੀਤੀਆਂ ਕਿਸਮਾਂ ਹੀ ਬੀਜੀਆਂ ਜਾਣ। ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਿਸਮਾਂ ਜਾਂ ਬਾਹਰੋਂ ਬੀਜ ਲਿਆ ਕੇ ਨਾ ਬੀਜਿਆ ਜਾਵੇ। ਉਨ੍ਹਾਂ ਕਿਹਾ ਕਿ ਬੀਜ ਖਰੀਦਣ ਸਮੇਂ ਇਸ ਦਾ ਪੱਕਾ ਬਿਲ ਜ਼ਰੂਰ ਲੈਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਬੀਜ ਸਿਰਫ਼ ਸਰਕਾਰੀ ਅਦਾਰਿਆਂ ਜਾਂ ਰਜਿਸਟਰਡ ਡੀਲਰਾਂ ਪਾਸੋਂ ਹੀ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਫਸਲਾਂ ਉਪਰ ਯੁਰੀਆ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ ਅਤੇ ਜ਼ਰੂਰਤ ਅਨੁਸਾਰ ਹੀ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਲੋੜ ਅਨੁਸਾਰ ਪਾਣੀ ਦੀ ਵਰਤੋਂ ਕਰਦੇ ਹਾਂ, ਤਾਂ ਅਸੀਂ 25 ਫੀਸਦੀ ਦੇ ਕਰੀਬ ਪਾਣੀ ਦੀ ਖਪਤ ਨੂੰ ਬਚਾ ਸਕਦੇ ਹਾਂ। ਇਸ ਮੌਕੇ ਹੋਰ ਪਤਵੰਤੇ ਖੇਤੀ ਮਾਹਿਰਾਂ ਵੱਲੋਂ ਵੀ ਕਿਸਾਨ ਭਰਾਵਾਂ ਨੂੰ ਚੰਗੀ ਖੇਤੀ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਸਬੰਧੀ ਪ੍ਰਦਰਸ਼ਣੀਆਂ ਵੀ ਲਗਾਈਆਂ ਗਈਆਂ।
ਇਸ ਮੌਕੇ ਡਾ. ਹਰਵਿੰਦਰ ਸਿੰਘ, ਡਾ. ਚਮਨਦੀਪ ਸਿੰਘ, ਡਾ. ਜਸਵੰਤ ਰਾਏ, ਡਾ. ਦਲਜੀਤ ਸਿੰਘ, ਡਾ. ਮਨੋਜ ਕੁਮਾਰ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਤੇ ਭਾਰੀ ਗਿਣਤੀ ਵਿਚ ਕਿਸਾਨ ਮੌਜੂਦ ਸਨ।

LEAVE A REPLY

Please enter your comment!
Please enter your name here