DIG Bhullar Bribery Case(ਸਾਰਾ ਯਹਾਂ) : ਪੰਜਾਬ ਪੁਲਿਸ ਦੇ ਸਸਪੈਂਡ DIG ਹਰਚਰਨ ਸਿੰਘ ਭੁੱਲਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ‘ਚ ਸੀਬੀਆਈ ਜਾਂਚ ਦਾ ਦਾਇਰਾ ਵੱਧ ਗਿਆ ਹੈ। ਜਾਂਚ ਏਜੰਸੀ ਨੂੰ ਨਵੇਂ ਅਤੇ ਅਹਿਮ ਸਬੂਤ ਮਿਲੇ ਹਨ, ਜਿਸ ਨਾਲ ਪੰਜਾਬ ਦੇ ਕਈ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆਈ ਹੈ। ਸੀਬੀਆਈ ਨੇ ਅਣਪਛਾਤੇ ਅਧਿਕਾਰੀਆਂ ਖਿਲਾਫ਼ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਜੰਸੀ ਨੇ ਵਿਸ਼ੇਸ਼ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੋਬਾਈਲ ਫੋਨ, ਅਸਲ ਦਸਤਾਵੇਜ਼ ਅਤੇ ਨਕਦੀ ਜ਼ਬਤ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਪਹਿਲਾਂ ਭੁੱਲਰ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਸੀ ਅਤੇ ਉਹ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹਨ।
ਜਾਂਚ ਏਜੰਸੀ ਦੇ ਅਨੁਸਾਰ ਇਹ ਮਾਮਲਾ ਪਿਛਲੇ ਸਾਲ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ। ਜਾਂਚ ਦੌਰਾਨ ਇਲੈਕਟ੍ਰਾਨਿਕ ਡਿਵਾਈਸਾਂ, ਵਟਸਐਪ ਚੈਟਾਂ, ਪੁੱਛਗਿੱਛ ਅਤੇ ਦਸਤਾਵੇਜ਼ਾਂ ਦੀ ਫੋਰੈਂਸਿਕ ਜਾਂਚ ਤੋਂ ਕਈ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਦੇ ਸਬੂਤ ਮਿਲੇ ਹਨ। ਸੀਬੀਆਈ ਦਾ ਦਾਅਵਾ ਹੈ ਕਿ ਆਰੋਪੀ ਆਪਣੀ ਪਹੁੰਚ ਦਾ ਇਸਤੇਮਾਲ ਕਰਕੇ ਨਿੱਜੀ ਲੋਕਾਂ ਨੂੰ ਲਾਭ ਦਿਵਾਉਣ ਬਦਲੇ ਰਿਸ਼ਵਤ ਲੈਂਦੇ ਸੀ।
ਦੱਸ ਦੇਈਏ ਕਿ ਹਰਚਰਨ ਸਿੰਘ ਭੁੱਲਰ ਅਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 6 ਅਕਤੂਬਰ 2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਡੀਆਈਜੀ ਭੁੱਲਰ ਦੇ ਟਿਕਾਣਿਆਂ ਤੋਂ ਲਗਭਗ 2 ਕਿਲੋ ਸੋਨਾ, 7.5 ਕਰੋੜ ਰੁਪਏ ਨਕਦ ਅਤੇ ਹੋਰ ਕੀਮਤੀ ਸਮਾਨ ਬਰਾਮਦ ਕੀਤਾ ਗਿਆ ਸੀ।