

ਮਾਨਸਾ, 09 ਅਪ੍ਰੈਲ ( Hira singh mittal) : ਮਹੀਨਾ ਮਾਰਚ ਦੀ ਪ੍ਰਗਤੀ ‘ਤੇ ਵਿਚਾਰ ਕਰਨ ਲਈ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮੇਂ ਸੀਮਾ ਦੇ ਅੰਦਰ ਹੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਨ-ਲਾਈਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਵੀ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਟ੍ਰੈਫਿਕ ਕੰਟਰੋਲ ਸਬੰਧੀ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ ਅਤੇ ਨਾਲ ਹੀ ਪ੍ਰੈਸ਼ਰ ਹਾਰਨਾਂ ਦੇ ਵੀ ਚਲਾਨ ਕੱਟੇ ਜਾਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਜ ਸਾਧਕ ਅਫਸਰਾਂ ਨਾਲ ਤਾਲਮੇਲ ਕਰਕੇ ਇਕ ਟੀਮ ਦਾ ਗਠਨ ਕੀਤਾ ਜਾਵੇ, ਜੋ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਸਬੰਧੀ ਛਾਪੇਮਾਰੀ ਕਰਨੀ ਯਕੀਨੀ ਬਣਾਏਗੀ। ਉਨ੍ਹਾਂ ਨਾਲ ਹੀ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ‘ਤੇ ਲੱਗੇ ਹੋਰਡਿੰਗਜ਼ ਅਤੇ ਝੰਡੇ, ਜਿਨ੍ਹਾਂ ਦੇ ਪ੍ਰੋਗਰਾਮ ਖ਼ਤਮ ਹੋ ਚੁੱਕੇ ਹਨ, ਨੂੰ ਤੁਰੰਤ ਉਤਾਰਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਮਿਡ-ਡੇਅ-ਮੀਲ ਤਹਿਤ ਬੱਚਿਆਂ ਨੂੰ ਵਧੀਆ ਕੁਆਲਿਟੀ ਦੀ ਖੁਰਾਕ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਕਿਹਾ ਕਿ ਕਣਕ ਦੀ ਫਸਲ ਦੀ ਖਰੀਦੋ-ਫਰੋਖ਼ਤ ਵਿੱਚ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਹੜੇ ਵਿਕਾਸ ਕੰਮ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾ ਕਰਵਾਏ ਜਾਣ।
ਇਸ ਮੌਕੇ ਐਸ.ਡੀ.ਐਮ ਮਾਨਸਾ ਸ਼੍ਰੀ ਅਭਿਜੀਤ ਕਪਲਿਸ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਗੁਰਸਿਮਰਨ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ (ਜ) ਸ਼੍ਰੀ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ਼੍ਰੀ ਦੀਪਕ ਰੁਹੇਲਾ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਦਿਨੇਸ਼ ਵਿਸਿਸ਼ਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਜਗਤਾਰ ਸਿੰਘ, ਸਿਵਲ ਸਰਜਨ ਮਾਨਸਾ ਡਾ. ਅਨੂਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।























