

Sant Ranjit Singh Dhadrianwale (ਸਾਰਾ ਯਹਾਂ) : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇੱਕ ਮਾਣਹਾਨੀ ਮਾਮਲੇ ਵਿੱਚ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਹਨ। ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।
ਜਾਣਕਾਰੀ ਅਨੁਸਾਰ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜੇ.ਐਸ.ਮਹਿੰਦੀ ਰੱਤਾ) ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰਦੇ ਹੋਏ ਸੰਮਨ ਜਾਰੀ ਕਰਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਕੇਸ ਚਲਾਉਣ ਤੇ ਅਦਾਲਤ ਵਿੱਚ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਵਿੱਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਬਾਰੇ ਕਥਿਤ ਤੌਰ ‘ਤੇ ਅਪਮਾਨਜਨਕ ਸ਼ਬਦ ਬੋਲੇ ਸਨ। ਇਸ ਤੋਂ ਬਾਅਦ ਭਾਈ ਰੰਧਾਵਾ ਵੱਲੋਂ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਸੀ।
ਉਨ੍ਹਾਂ ਨੇ ਕਿਹਾ 2019 ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਮਾਣਹਾਨੀ ਦਾ ਇਤਸਗਾਸਾ ਦਾਇਰ ਕੀਤਾ ਸੀ ਪਰ ਹੇਠਲੀ ਅਦਾਲਤ ਨੇ ਕਿਸੇ ਵਜ੍ਹਾ ਕਰਕੇ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਨਹੀਂ ਕੀਤੇ ਸਨ। ਜਿਸ ਦੇ ਖਿਲਾਫ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜਗਵੀਰ ਸਿੰਘ ਮਹਿੰਦੀ ਰੱਤਾ) ਦੇ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੈਲੇਂਜ ਕੀਤਾ ਸੀ ,ਜਿਸ ਨੂੰ ਅਡੀਸ਼ਨਲ ਸੈਸ਼ਨ ਅਤੇ ਡਿਸਟ੍ਰਿਕ ਜੱਜ ਨੇ ਰਿਵੀਜ਼ਨ ਮਨਜ਼ੂਰ ਕਰਦਿਆਂ ਹੇਠਲੀ ਅਦਾਲਤ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।























