

ਜਲੰਧਰ: ਵਿਰੋਧੀ ਧਿਰ ਦੇ ਲੀਡਰ ਸੁਖਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਪੁਲਿਸ ਮੁਖੀ ਸੁਰੇਸ਼ ਅਰੋੜਾ ਤੇ ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ ਤਾਂ ਜੋ ਉਹ ਜਾਂਚ ਪ੍ਰਭਾਵਿਤ ਨਾ ਕਰ ਸਕਣ। ਖਹਿਰਾ ਨੇ ਮੁੱਖ ਮੰਤਰੀ ਤੋਂ ਡੀ.ਜੀ.ਪੀ. ਚਟੋਪਾਧਿਆਏ ਦੇ ਇਲਜ਼ਾਮਾਂ ਦੀ ਜਾਂਚ ਜਲਦ ਕਰਵਾਉਣ ਦੀ ਮੰਗ ਵੀ ਕੀਤੀ। ਖਹਿਰਾ ਨੇ ਇਹ ਵੀ ਕਿਹਾ ਕਿ
ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਵੱਲੋਂ ਕਰਵਾਈ ਜਾਣੀ ਚਾਹੀਦੀ ਹੈ। ਨਸ਼ਿਆਂ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਮੁਖੀ ਸਿਧਾਰਥ ਚਟੋਪਾਧਿਆਏ ਨੇ ਹਾਈਕੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਡੀ.ਜੀ.ਪੀ. ਸੁਰੇਸ਼ ਅਰੋੜਾ ਤੇ ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਉਨ੍ਹਾਂ ਨੂੰ ਚੱਢਾ ਖ਼ੁਦਕੁਸ਼ੀ ਦੇ ਝੂਠੇ ਕੇਸ ਵਿਚ ਫਸਾਉਣਾ ਚਾਹੁੰਦੇ ਹਨ। ਚਟੋਪਾਧਿਆਏ ਦਾ ਇਹ ਵੀ ਇਲਜ਼ਾਮ ਹੈ ਕਿ ਐਸ.ਐਸ.ਪੀ. ਰਾਜਜੀਤ ਸਿੰਘ ਅਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਦੀ ਜਾਂਚ ਦੌਰਾਨ ਸੀਨੀਅਰ ਅਫਸਰਾਂ ਦੀ ਸ਼ਮੂਲੀਅਤ ਬਾਰੇ ਅਹਿਮ ਤੱਥ ਮਿਲੇ ਹਨ। ਹਾਈਕੋਰਟ ਵੱਲੋਂ ਚਟੋਪਾਧਿਆਏ ਖਿਲਾਫ ਚੱਲ ਰਹੀ ਚੱਢਾ ਖ਼ੁਦਕੁਸ਼ੀ ਕਾਂਡ ਦੀ ਜਾਂਚ ‘ਤੇ ਰੋਕ ਲਾਈ ਜਾ ਚੁੱਕੀ ਹੈ।























