ਸ਼੍ਰੋਮਣੀ ਕਮੇਟੀ ਵੱਲੋਂ ਕੱਲ੍ਹ ਸਾਰੇ ਅਦਾਰੇ ਬੰਦ ਰੱਖਣ ਦਾ ਐਲਾਨ

0
2

ਅੰਮ੍ਰਿਤਸਰ(ਸਾਰਾ ਯਾਹਾ) : ਵਿਵਾਦਤ ਫਿਲਮ ‘ਨਾਨਕ ਸ਼ਾਹ ਫਕੀਰ’ ਰਿਲੀਜ਼ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸਬੰਧਤ ਸਮੂਹ ਅਦਾਰੇ 13 ਅਪ੍ਰੈਲ ਨੂੰ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ’ਤੇ ਰੋਕ ਲਾਉਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਪੁਟੀਸ਼ਨ ਦਾਇਰ ਕੀਤੀ ਗਈ ਸੀ, ਪਰ ਅਦਾਲਤ ਵੱਲੋਂ ਇਸ ’ਤੇ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਫਿਲਮ ਦੇ ਰਿਲੀਜ਼ ਹੋਣ ’ਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਅਦਾਰੇ ਭਲਕੇ 13 ਅਪ੍ਰੈਲ ਨੂੰ ਬੰਦ ਰੱਖੇ ਜਾਣਗੇ।

ਉਨ੍ਹਾਂ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਸੰਗਤਾਂ 13 ਅਪ੍ਰੈਲ ਨੂੰ ਕਾਲੇ ਰੰਗ ਦੀਆਂ ਦਸਤਾਰਾਂ ਤੇ ਦੁਪੱਟੇ ਲੈ ਕੇ ਫਿਲਮ ਪ੍ਰਤੀ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ਼ ਕਰਨ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਸਬੰਧੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਮੰਨਣ ਦੀ ਪਾਬੰਦ ਹੈ।

First Published: Thursday, 12 April 2018 5:22 PM

NO COMMENTS